Saturday, March 15, 2025
spot_imgspot_img
spot_imgspot_img
Homeपंजाबਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ-ਅਰਥਚਾਰੇ ਨੂੰ ਹੁਲਾਰਾ ਦੇਣ ਲਈ ਪੰਜਾਬ ਨੂੰ ਮੈਗਾ...

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ-ਅਰਥਚਾਰੇ ਨੂੰ ਹੁਲਾਰਾ ਦੇਣ ਲਈ ਪੰਜਾਬ ਨੂੰ ਮੈਗਾ ਫੂਡ ਪਾਰਕ ਦੇਣ ਦੀ ਜ਼ੋਰਦਾਰ ਮੰਗ

ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਨੂੰ ਬਠਿੰਡਾ ਵਿਖੇ ਮੈਗਾ ਫੂਡ ਪਾਰਕ ਸਥਾਪਤ ਕਰਨ ਸਬੰਧੀ ਪ੍ਰਸਤਾਵ ਸੌਂਪਿਆ

ਅੰਮ੍ਰਿਤਸਰ ਲਈ ਫੂਡ ਟੈਸਟਿੰਗ ਲੈਬਾਰਟਰੀ ਦੀ ਵੀ ਕੀਤੀ ਮੰਗ

ਚੰਡੀਗੜ੍ਹ: ਪੰਜਾਬ ਵਿੱਚ ਖੇਤੀਬਾੜੀ ਨੂੰ ਮੁਨਾਫ਼ਾਬਖ਼ਸ਼ ਬਣਾਉਣ, ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਸ੍ਰੀ ਚਿਰਾਗ ਪਾਸਵਾਨ ਨੂੰ ਬਠਿੰਡਾ ਵਿਖੇ ਮੈਗਾ ਫੂਡ ਪਾਰਕ ਸਥਾਪਤ ਕਰਨ ਦਾ ਪ੍ਰਸਤਾਵ ਸੌਂਪਿਆ ਹੈ।

ਨਵੀਂ ਦਿੱਲੀ ਵਿਖੇ ਪੰਚਸ਼ੀਲ ਭਵਨ ਵਿੱਚ ਕੇਂਦਰੀ ਮੰਤਰੀ ਨਾਲ ਮੁਲਾਕਾਤ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਫੂਡ ਪ੍ਰੋਸੈਸਿੰਗ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਵੀ ਮੌਜੂਦ ਸਨ, ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕਿਸਾਨਾਂ ਦੀ ਖੇਤੀ ਉਪਜ ਵਿੱਚ ਗੁਣਾਤਾਮਕ ਵਾਧਾ ਕਰਕੇ ਉਨ੍ਹਾਂ ਦੀ ਆਮਦਨ ਵਿੱਚ ਇਜ਼ਾਫਾ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਯਤਨਸ਼ੀਲ ਹਨ।

ਮਾਲਵਾ ਖਿੱਤੇ ਵਿੱਚ ਮੈਗਾ ਫੂਡ ਪਾਰਕ ਦੀ ਲੋੜ ਬਾਰੇ ਗੱਲ ਕਰਦਿਆਂ ਪੰਜਾਬ ਦੇ ਫੂਡ ਪ੍ਰੋਸੈਸਿੰਗ ਮੰਤਰੀ ਨੇ ਕਿਹਾ ਕਿ ਇਹ ਮੈਗਾ ਫੂਡ ਪਾਰਕ ਜਲਦ ਖਰਾਬ ਹੋਣ ਵਾਲੀਆਂ ਖੇਤੀ ਉਪਜਾਂ ਤੋਂ ਪ੍ਰੋਸੈਸਡ ਫੂਡ ਉਤਪਾਦਾਂ ਦਾ ਨਿਰਮਾਣ ਕਰਕੇ ਘਰੇਲੂ ਅਤੇ ਨਿਰਯਾਤ ਮਾਰਕੀਟ ਲਈ ਢੁਕਵਾਂ ਤੇ ਲਾਹੇਵੰਦ ਸਾਬਤ ਹੋਵੇਗਾ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਫੂਡ ਪ੍ਰੋਸੈਸਿੰਗ ਮੰਤਰਾਲੇ ਦੀ ਮੈਗਾ ਫੂਡ ਪਾਰਕ ਸਕੀਮ ਅਧੀਨ ਲੁਧਿਆਣਾ ਜ਼ਿਲ੍ਹੇ ਵਿੱਚ ਲਾਡੋਵਾਲ ਵਿਖੇ ਸਥਾਪਤ ਮੈਗਾ ਫੂਡ ਪਾਰਕ ਦੀ ਸਫ਼ਲਤਾ ਨੂੰ ਵੇਖਦਿਆਂ ਮਾਲਵੇ ਵਿੱਚ ਇੱਕ ਹੋਰ ਮੈਗਾ ਫੂਡ ਪਾਰਕ ਸਥਾਪਤ ਕੀਤੇ ਜਾਣ ਦੀਆਂ ਵੱਡੀਆਂ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਮੈਗਾ ਫੂਡ ਪਾਰਕ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਲੋੜੀਂਦੀ ਜ਼ਮੀਨ ਮੁਹੱਈਆ ਕਰਵਾਈ ਜਾਵੇਗੀ।
ਪੰਜਾਬ ਦੇ ਕੈਬਨਿਟ ਮੰਤਰੀ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਨੂੰ ਲਾਡੋਵਾਲ ਮੈਗਾ ਫੂਡ ਪਾਰਕ ਲਈ ਗ੍ਰਾਂਟ-ਇਨ-ਏਡ ਦੀ ਲੰਬਿਤ ਪਈ ਚੌਥੀ ਕਿਸ਼ਤ ਜਾਰੀ ਕਰਨ ਲਈ ਦਖ਼ਲ ਦੇਣ ਅਤੇ ਅੰਮ੍ਰਿਤਸਰ ਵਿਖੇ ਲੋੜੀਂਦੀ ਮਾਨਤਾ ਸਮੇਤ ਫੂਡ ਟੈਸਟਿੰਗ ਲੈਬਾਰਟਰੀ ਸਥਾਪਤ ਕਰਨ ਲਈ ਵੀ ਜ਼ੋਰਦਾਰ ਅਪੀਲ ਕੀਤੀ ਕਿਉਂਕਿ ਫੂਡ ਪ੍ਰੋਸੈਸਿੰਗ ਉਦਯੋਗਾਂ, ਵਪਾਰੀਆਂ, ਪੰਜਾਬ ਰਾਈਸ ਮਿੱਲਰਜ਼ ਐਸੋਸੀਏਸ਼ਨ ਅਤੇ ਅਚਾਰ-ਮੁਰੱਬਾ ਐਸੋਸੀਏਸ਼ਨ ਨੂੰ ਮੋਹਾਲੀ ਜਾਂ ਦਿੱਲੀ ਤੋਂ ਆਪਣੇ ਉਤਪਾਦਾਂ ਦੀ ਟੈਸਟਿੰਗ ਕਰਵਾਉਣੀ ਪੈਂਦੀ ਹੈ।

ਇਸ ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਅਤੇ ਕੇਂਦਰੀ ਮੰਤਰਾਲੇ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

RELATED ARTICLES

Most Popular