Friday, December 26, 2025
spot_imgspot_img
Homeपंजाबਮੁੱਖ ਮੰਤਰੀ ਨੇ ਹੜ੍ਹ ਸੁਰੱਖਿਆ ਕਾਰਜਾਂ ਲਈ ਪੁਖ਼ਤਾ ਯੋਜਨਾਬੰਦੀ ਦੀ ਕੀਤੀ ਸਿਫ਼ਾਰਸ਼

ਮੁੱਖ ਮੰਤਰੀ ਨੇ ਹੜ੍ਹ ਸੁਰੱਖਿਆ ਕਾਰਜਾਂ ਲਈ ਪੁਖ਼ਤਾ ਯੋਜਨਾਬੰਦੀ ਦੀ ਕੀਤੀ ਸਿਫ਼ਾਰਸ਼

  • ਹੜ੍ਹ ਸੁਰੱਖਿਆ ਪ੍ਰਬੰਧਾਂ ਲਈ ਤਕਰੀਬਨ 120 ਕਰੋੜ ਰੁਪਏ ਦੀ ਦਿੱਤੀ ਪ੍ਰਵਾਨਗੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆ ਲਈ ਪੰਜਾਬ ਭਰ ਵਿੱਚ ਮਾਸਟਰ ਪਲਾਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਪੁਖ਼ਤਾ ਯੋਜਨਾਬੰਦੀ ਦੀ ਲੋੜ `ਤੇ ਜ਼ੋਰ ਦਿੱਤਾ।

ਹੜ੍ਹ ਸੁਰੱਖਿਆ ਦੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦੀ ਨਿਗਰਾਨੀ ਲਈ ਆਪਣੀ ਸਰਕਾਰੀ ਰਿਹਾਇਸ਼ `ਤੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਾਸਟਰ ਪਲਾਨ ਨਾ ਸਿਰਫ਼ ਫੰਡਾਂ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਏਗਾ, ਸਗੋਂ ਹੜ੍ਹ ਪੀੜਤਾਂ ਨੂੰ ਫਸਲਾਂ ਦੇ ਨੁਕਸਾਨ ਅਤੇ ਜਾਇਦਾਦ ਦੇ ਨੁਕਸਾਨ ਲਈ ਮੁਆਵਜ਼ਾ ਦੇਣ `ਤੇ ਖ਼ਰਚੇ ਜਾ ਰਹੇ ਕਰੋੜਾਂ ਰੁਪਏ ਦੀ ਬੱਚਤ ਕਰਨ ਵਿੱਚ ਵੀ ਮਦਦ ਕਰੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਡਰੇਨਾਂ ਅਤੇ ਦਰਿਆਵਾਂ ਦੇ ਪ੍ਰਬੰਧਨ ਦੀ ਯੋਜਨਾ ਸਿੰਜਾਈ ਵਿਭਾਗ ਦੇ ਇੰਜਨੀਅਰਾਂ ਨਾਲ ਸਿੱਧਾ ਤਾਲਮੇਲ ਕਰ ਕੇ ਬਣਾਈ ਜਾਣੀ ਚਾਹੀਦੀ ਹੈ। ਇਸ ਨਾਲ ਹੜ੍ਹ ਸੁਰੱਖਿਆ ਬੁਨਿਆਦੀ ਢਾਂਚੇ ਦੀ ਨਿਯਮਤ ਤੌਰ `ਤੇ ਸਾਫ਼-ਸਫ਼ਾਈ ਅਤੇ ਮਜ਼ਬੂਤੀ ਯਕੀਨੀ ਬਣਾਈ ਜਾ ਸਕੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਬੰਧ ਮੌਨਸੂਨ ਦੌਰਾਨ ਹੜ੍ਹਾਂ ਕਾਰਨ ਹੋਣ ਵਾਲੀ ਤਬਾਹੀ ਤੋਂ ਸੂਬਾ ਵਾਸੀਆਂ ਨੂੰ ਬਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮਾਸਟਰ ਪਲਾਨ ਦੇ ਆਧਾਰ `ਤੇ ਵਿਆਪਕ ਖਾਕਾ ਉਲੀਕਣ ਦੇ ਨਿਰਦੇਸ਼ ਦਿੱਤੇ ਤਾਂ ਜੋ ਹੜ੍ਹ ਸੁਰੱਖਿਆ ਕਾਰਜਾਂ ਨੂੰ ਬਰਸਾਤ ਦੇ ਮੌਸਮ ਤੋਂ ਠੀਕ ਪਹਿਲਾਂ ਰਵਾਇਤੀ ਪਹੁੰਚ ਅਪਣਾਉਣ ਦੀ ਬਜਾਏ ਯੋਜਨਾਬੱਧ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਨੇ ਇਨ੍ਹਾਂ ਯਤਨਾਂ ਨੂੰ ਨਿਯਮਤ ਆਧਾਰ `ਤੇ ਜਾਰੀ ਰੱਖਣ ਲਈ ਸਾਲਾਨਾ ਬਜਟ ਵਿੱਚ ਵਿਸ਼ੇਸ਼ ਅਲਾਟਮੈਂਟ ਕਰਨ ਦੀ ਮਹੱਤਤਾ `ਤੇ ਵੀ ਜ਼ੋਰ ਦਿੱਤਾ। ਇਸ ਤੋਂ ਇਲਾਵਾ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸਿੰਜਾਈ ਵਿਭਾਗ ਦੇ ਡਰੇਨੇਜ ਅਤੇ ਨਹਿਰੀ ਵਿੰਗਾਂ ਦੋਵਾਂ ਵਿੱਚ ਤਰਜੀਹੀ ਕੰਮਾਂ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਇੰਜਨੀਅਰਾਂ ਨਾਲ ਸਲਾਹ-ਮਸ਼ਵਰਾ ਕਰ ਕੇ ਕਾਰਜਸ਼ੀਲ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।

ਇਕ ਵੱਡਾ ਕਦਮ ਚੁੱਕਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ਵਿੱਚ ਹੜ੍ਹ ਸੁਰੱਖਿਆ ਕਾਰਜਾਂ ਅਤੇ ਡਰੇਨਾਂ ਦੀ ਸਫ਼ਾਈ ਲਈ ਤਕਰੀਬਨ 120 ਕਰੋੜ ਰੁਪਏ ਨੂੰ ਪ੍ਰਵਾਨਗੀ ਦਿੱਤੀ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਇਹ ਪ੍ਰਾਜੈਕਟ ਮੌਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਪੂਰੇ ਕੀਤੇ ਜਾਣ ਅਤੇ ਇਨ੍ਹਾਂ ਨੂੰ ਪੂਰਾ ਕਰਨ ਲਈ ਸਮਾਂ-ਸੀਮਾ 30 ਜੂਨ ਤੱਕ ਨਿਰਧਾਰਤ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਸਿੰਜਾਈ ਵਿਭਾਗ ਦਾ ਕੋਈ ਵੀ ਅਧਿਕਾਰੀ ਜਾਂ ਮੁਲਾਜ਼ਮ ਇਨ੍ਹਾਂ ਕੰਮਾਂ ਨੂੰ ਪੂਰਾ ਕਰਨ ਵਿੱਚ ਲਾਪਰਵਾਹੀ ਲਈ ਨਿੱਜੀ ਤੌਰ `ਤੇ ਜਵਾਬਦੇਹ ਹੋਵੇਗਾ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਜਾਣੀ ਚਾਹੀਦੀ ਹੈ, ਹਰੇਕ ਜ਼ਿਲ੍ਹੇ ਵਿੱਚ ਹੜ੍ਹਾਂ ਪੱਖੋਂ ਸੰਵੇਦਨਸ਼ੀਲ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਪਿਛਲੇ ਸਾਲ ਹੜ੍ਹਾਂ ਦਾ ਸਾਹਮਣਾ ਕਰਨ ਵਾਲੇ ਨਵੇਂ ਪ੍ਰਭਾਵਿਤ ਖੇਤਰਾਂ, ਜਿਨ੍ਹਾਂ ਵਿੱਚ ਖ਼ਾਸ ਕਰ ਕੇ ਸੜਕ ਨਿਰਮਾਣ ਕਾਰਨ ਰੁਕਾਵਟਾਂ ਆਈਆਂ ਹਨ, ਦਾ ਚੰਗੀ ਤਰ੍ਹਾਂ ਨਿਰੀਖਣ ਕਰਨ ਅਤੇ ਮੁਸ਼ਕਲਾਂ ਨੂੰ ਹੱਲ ਕਰਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਨਸੂਨ ਦੌਰਾਨ ਹੜ੍ਹਾਂ ਨੂੰ ਰੋਕਣਾ ਅਤੇ ਸੂਬੇ ਦੇ ਕਿਸੇ ਵੀ ਹਿੱਸੇ ਨੂੰ ਨੁਕਸਾਨ ਨਾ ਪਹੁੰਚਣਾ ਯਕੀਨੀ ਬਣਾਉਣਾ ਪ੍ਰਮੁੱਖ ਤਰਜੀਹ ਹੈ।

ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਬਰਿੰਦਰ ਗੋਇਲ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

RELATED ARTICLES

-Video Advertisement-

Most Popular