ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ਵਿੱਚ ਕੀਤੀਆਂ ਚਾਰ ਜਨਸਭਾਵਾਂ, ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਹਰ ਖੇਤਰ ਦੇ ਵਿਕਾਸ ਲਈ ਕੰਮ ਕੀਤਾ, 10 ਜੁਲਾਈ ਨੂੰ ਝਾੜੂ ਦਾ ਬਟਨ ਦਬਾ ਕੇ ਉਨ੍ਹਾਂ ਦਾ ਹੌਂਸਲਾ ਵਧਾਓ – ਮੋਹਿੰਦਰ ਭਗਤ
ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮੋਹਿੰਦਰ ਭਗਤ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਇੱਥੇ ਇੱਕ ਤੋਂ ਬਾਅਦ ਇੱਕ ਚਾਰ ਜਨਸਭਾਵਾਂ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨੂੰ ਜਿਤਾਉਣ ਦੀ ਅਪੀਲ ਕੀਤੀ।
ਜਲੰਧਰ ਪੱਛਮੀ ਵਿਧਾਨ ਸਭਾ ਅਧੀਨ ਪੈਂਦੇ ਵਾਰਡ ਨੰਬਰ 32, 37, 47 ਅਤੇ ਵਾਰਡ ਨੰਬਰ 77 ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਨ ਸਭਾਵਾਂ ਕੀਤੀ ਅਤੇ ਲੋਕਾਂ ਨੂੰ ਸੰਬੋਧਨ ਕੀਤਾ। ਇਸ ਜਨ ਸਭਾ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਅਤੇ ਵਿਧਾਇਕ ਬਲਜਿੰਦਰ ਕੌਰ ਅਤੇ ਹੋਰ ਕਈ ਵਿਧਾਇਕ, ਚੇਅਰਮੈਨ ਅਤੇ ਅਹੁਦੇਦਾਰ ਹਾਜ਼ਰ ਸਨ।
ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਾਅਦਾ ਕੀਤਾ ਅਤੇ ਕਿਹਾ ਕਿ ਸਾਡੇ ਉਮੀਦਵਾਰ ਨੂੰ ਜਿਤਾਓ, ਮੋਹਿੰਦਰ ਭਗਤ ਜੋ ਵੀ ਮੰਗਾਂ ਮੇਰੇ ਕੋਲ ਲੈ ਕੇ ਆਉਣਗੇ, ਮੈਂ ਉਨ੍ਹਾਂ ‘ਤੇ ਦਸਤਖ਼ਤ ਕਰਕੇ ਪਾਸ ਕਰਾਂਗਾ। ਉਨ੍ਹਾਂ ਕਿਹਾ ਕਿ ਤੁਸੀਂ ਮੋਹਿੰਦਰ ਭਗਤ ਨੂੰ ਜੇਤੂ ਬਣਾ ਕੇ ਵਿਧਾਨ ਸਭਾ ਦੀ ਪੌੜੀ ਚੜ੍ਹਾਓ, ਮੈਂ ਉਨ੍ਹਾਂ ਨੂੰ ਅਗਲੀ ਪੌੜੀ ਚੜ੍ਹਾਵਾਂਗਾ। ਮਾਨ ਦਾ ਇਸ਼ਾਰਾ ਭਗਤ ਨੂੰ ਮੰਤਰੀ ਬਣਾਉਣ ਵੱਲ ਸੀ।
ਮਾਨ ਨੇ ਕਿਹਾ ਕਿ ਇਸ ਚੋਣ ਵਿਚ ਇਕ ਚੰਗੀ ਗੱਲ ਇਹ ਹੋਈ ਕਿ ਜਲੰਧਰ ਵਿਚ ਦਫ਼ਤਰ ਖੋਲ੍ਹਣ ਦੀ ਮੇਰੀ ਇੱਛਾ ਪੂਰੀ ਹੋ ਗਈ। ਮੈਂ ਦੋਆਬਾ ਅਤੇ ਮਾਝਾ ਖੇਤਰ ਦੇ ਲੋਕਾਂ ਦੇ ਕੰਮਾਂ ਲਈ ਜਲੰਧਰ ਵਿਚ ਕਿਰਾਏ ‘ਤੇ ਮਕਾਨ ਲੈ ਕੇ ਆਪਣਾ ਦਫ਼ਤਰ ਖੋਲ੍ਹਿਆ ਹੈ। ਹੁਣ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਚੰਡੀਗੜ੍ਹ ਨਹੀਂ ਜਾਣਾ ਪਵੇਗਾ। ਸਰਕਾਰ ਖ਼ੁਦ ਤੁਹਾਡੇ ਬੂਹੇ ‘ਤੇ ਹੈ। ਮਾਨ ਨੇ ਕਿਹਾ ਕਿ ਉਹ ਚੋਣਾਂ ਤੋਂ ਬਾਅਦ ਵੀ ਇਹ ਰਿਹਾਇਸ਼ ਆਪਣੇ ਕੋਲ ਰੱਖਣਗੇ ਅਤੇ ਹਫ਼ਤੇ ਵਿੱਚ ਘੱਟੋ-ਘੱਟ ਦੋ ਦਿਨ ਇੱਥੇ ਲੋਕਾਂ ਨੂੰ ਮਿਲਣਗੇ।
ਮਾਨ ਨੇ ਕਿਹਾ ਕਿ ਮੈਂ ਲੋਕਾਂ ਦੀ ਮਜਬੂਰੀ ਨੂੰ ਉਨ੍ਹਾਂ ਦੀ ਇੱਛਾ ਵਿਚ ਬਦਲਣਾ ਚਾਹੁੰਦਾ ਹਾਂ। ਅੱਜ ਲੋਕ ਪੜ੍ਹਾਈ ਲਈ ਪ੍ਰਾਈਵੇਟ ਸਕੂਲਾਂ ਅਤੇ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਜਾਣ ਲਈ ਮਜਬੂਰ ਹਨ। ਪਰ ਮੈਂ ਪੰਜਾਬ ਦੇ ਲੋਕਾਂ ਦੀ ਇਸ ਬੇਵਸੀ ਨੂੰ ਦੂਰ ਕਰਨ ਲਈ ਕੰਮ ਕਰ ਰਿਹਾ ਹਾਂ। ਅਸੀਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਉੱਘੇ ਸਕੂਲਾਂ ਵਿੱਚ ਬਦਲ ਰਹੇ ਹਾਂ ਜਿੱਥੇ ਗ਼ਰੀਬਾਂ ਦੇ ਬੱਚੇ ਵਿਸ਼ਵ ਪੱਧਰੀ ਸਿੱਖਿਆ ਪ੍ਰਾਪਤ ਕਰਨਗੇ। ਇਸੇ ਤਰ੍ਹਾਂ ਅਸੀਂ ਵੱਖ-ਵੱਖ ਥਾਵਾਂ ‘ਤੇ ਮੁਹੱਲਾ ਕਲੀਨਿਕ ਖੋਲ੍ਹ ਰਹੇ ਹਾਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਸੁਧਾਰ ਕਰ ਰਹੇ ਹਾਂ, ਤਾਂ ਜੋ ਲੋਕਾਂ ਦਾ ਵਧੀਆ ਅਤੇ ਮੁਫ਼ਤ ਇਲਾਜ ਹੋ ਸਕੇ। ਜਲਦੀ ਹੀ ਇਹ ਲੋਕਾਂ ਦੀ ਪਸੰਦ ਹੋਵੇਗੀ ਕਿ ਉਹ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਵਿੱਚ ਜਾਣਾ ਚਾਹੁੰਦੇ ਹਨ ਜਾਂ ਪ੍ਰਾਈਵੇਟ।
ਜਨ ਸਭਾ ਵਿੱਚ ਆਈਆਂ ਔਰਤਾਂ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿਆਸਤ ਵਿੱਚ ਤੁਹਾਡੀ ਜਾਗਰੂਕਤਾ ਬਹੁਤ ਖ਼ੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਇੱਕ ਪਰਿਵਾਰ ਤੁਹਾਡੇ ਬਿਨਾਂ ਸਹੀ ਢੰਗ ਨਾਲ ਨਹੀਂ ਚੱਲ ਸਕਦਾ, ਉਸੇ ਤਰ੍ਹਾਂ ਦੇਸ਼ ਵੀ ਤੁਹਾਡੀ ਸ਼ਮੂਲੀਅਤ ਤੋਂ ਬਿਨਾਂ ਸਹੀ ਢੰਗ ਨਾਲ ਨਹੀਂ ਚੱਲ ਸਕਦਾ। ਇਸ ਲਈ ਰਾਜਨੀਤੀ ਤੋਂ ਦੂਰ ਨਾ ਭੱਜੋ, ਸਗੋਂ ਇਸ ਵਿੱਚ ਸਰਗਰਮੀ ਨਾਲ ਹਿੱਸਾ ਲਓ।
ਮਾਨ ਨੇ ਕਾਂਗਰਸ ਪਾਰਟੀ ਅਤੇ ਆਪ ਦੀ ਉਮੀਦਵਾਰ ਸੁਰਿੰਦਰ ਕੌਰ ‘ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਜੇਕਰ ਉਹ ਜਲੰਧਰ ਦੇ ਡਿਪਟੀ ਮੇਅਰ ਹੁੰਦਿਆਂ ਆਪਣੇ ਵਾਰਡ ਦੇ ਕੰਮ ਨਹੀਂ ਕਰਵਾ ਸਕੀ ਤਾਂ ਇੰਨੇ ਵੱਡੇ ਵਿਧਾਨ ਸਭਾ ਹਲਕੇ ਦੇ ਕੰਮ ਕਿਵੇਂ ਕਰਵਾਉਣਗੇ। ਮਾਨ ਨੇ ਕਿਹਾ ਕਿ ਗਲੀਆਂ, ਨਾਲੀਆਂ ਅਤੇ ਸੀਵਰੇਜ ਸਿਸਟਮ ਆਦਿ ਦਾ ਕੰਮ ਨਗਰ ਨਿਗਮ ਅਧੀਨ ਆਉਂਦਾ ਹੈ। ਜਲੰਧਰ ਨਗਰ ਨਿਗਮ ਵਿੱਚ ਇਸ ਵੇਲੇ ਕਾਂਗਰਸ ਦਾ ਮੇਅਰ ਹੈ, ਉਸ ਨੇ ਇਸ ਲਈ ਕੁਝ ਨਹੀਂ ਕੀਤਾ। ਉਨ੍ਹਾਂ ਸੀਵਰੇਜ ਦੇ ਢੱਕਣ ਵੀ ਨਹੀਂ ਬਦਲੇ। ਉਨ੍ਹਾਂ ਕਿਹਾ ਕਿ ਜੋ ਆਪਣੇ ਵਾਰਡ ਦੇ ਕੰਮ ਨਹੀਂ ਕਰਵਾ ਸਕਿਆ ਉਹ ਸਾਰੀ ਵਿਧਾਨ ਸਭਾ ਦੇ ਕੰਮ ਕਿਵੇਂ ਕਰਵਾਏਗਾ।
ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਵੋਟ ਪਾਉਣ ਦਾ ਮਤਲਬ ਆਪਣੀ ਵੋਟ ਬਰਬਾਦ ਕਰਨਾ ਹੈ ਕਿਉਂਕਿ ਇਸ ਚੋਣ ਵਿੱਚ ਜਿੱਤ ਜਾਂ ਹਾਰ ਨਾਲ ਸਰਕਾਰ ਨੂੰ ਕੋਈ ਫਰਕ ਨਹੀਂ ਪਵੇਗਾ ਪਰ ਜੇਕਰ ਆਮ ਆਦਮੀ ਪਾਰਟੀ ਦਾ ਉਮੀਦਵਾਰ ਜਿੱਤਦਾ ਹੈ ਤਾਂ ਤੁਹਾਡੀ ਸਰਕਾਰ ਵਿੱਚ ਹਿੱਸੇਦਾਰੀ ਹੋਵੇਗੀ ਅਤੇ ਇਸ ਇਲਾਕੇ ਦੇ ਕੰਮ ਹੋਰ ਵੀ ਤੇਜ਼ੀ ਨਾਲ ਹੋਣਗੇ। ਗਲੀਆਂ, ਨਾਲੀਆਂ, ਸੜਕਾਂ, ਸੀਵਰੇਜ, ਬਿਜਲੀ, ਸਟਰੀਟ ਲਾਈਟਾਂ ਸਮੇਤ ਜੋ ਵੀ ਬੁਨਿਆਦੀ ਸਮੱਸਿਆਵਾਂ ਹਨ, ਮੋਹਿੰਦਰ ਭਗਤ ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਗੇ। ਮਾਨ ਨੇ ਕਿਹਾ ਕਿ ਸਾਡੇ ਉਮੀਦਵਾਰ ਮੋਹਿੰਦਰ ਭਗਤ ਬਹੁਤ ਹੀ ਇਮਾਨਦਾਰ ਅਤੇ ਸੰਜੀਦਾ ਵਿਅਕਤੀ ਹਨ। ਉਨ੍ਹਾਂ ਦੇ ਨਾਮ ਵਿਚ ਵੀ ਭਗਤ ਹੈ ਅਤੇ ਵਿਵਹਾਰ ਵਿਚ ਵੀ ਭਗਤ ਹਨ।
ਮਾਨ ਨੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ‘ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਉਨ੍ਹਾਂ ਨੇ ਇੱਥੋਂ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ‘ਚ ਰਹਿੰਦਿਆਂ ਦੋ ਨੰਬਰ ਦੇ ਕੰਮ ਕਰਨ ‘ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਇਸ ਲਈ ਉਹ ਭਾਜਪਾ ‘ਚ ਸ਼ਾਮਲ ਹੋਏ ਕਿਉਂਕਿ ਭਾਜਪਾ ਹੀ ਭ੍ਰਿਸ਼ਟਾਂ ਦੀ ਪਹਿਲੀ ਪਸੰਦ ਹੈ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਚੋਣ ਵਿੱਚ ਉਨ੍ਹਾਂ ਨੂੰ ਅਜਿਹਾ ਸਬਕ ਸਿਖਾਉਣ ਕਿ ਕੋਈ ਵੀ ਵਿਧਾਇਕ ਦੁਬਾਰਾ ਇਸ ਤਰ੍ਹਾਂ ਅਸਤੀਫ਼ਾ ਦੇਣ ਦੀ ਹਿੰਮਤ ਨਾ ਕਰੇ।
ਮਾਨ ਨੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ‘ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਦੀ ਹਾਲਤ ਇੰਨੀ ਮਾੜੀ ਹੋ ਗਈ ਹੈ ਕਿ ਸੁਖਬੀਰ ਬਾਦਲ ਆਪਣੇ ਉਮੀਦਵਾਰ ਤੋਂ ਸਮਰਥਨ ਵਾਪਸ ਲੈ ਕੇ ਲੋਕਾਂ ਨੂੰ ਬਹੁਜਨ ਸਮਾਜ ਪਾਰਟੀ ਨੂੰ ਵੋਟ ਪਾਉਣ ਲਈ ਕਹਿ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਜ਼ੀਰੋ ’ਤੇ ਪਹੁੰਚ ਗਿਆ ਹੈ।
ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਸਾਡੀ ਕਾਰਵਾਈ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਕਾਰਨ ਬਣ ਰਹੀ ਹੈ, ਇਸ ਲਈ ਤਿੰਨਾਂ ਪਾਰਟੀਆਂ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਮੈਨੂੰ ਹਰਾਉਣ ਲਈ ਇਕੱਠੇ ਹੋਏ ਹਨ ਕਿਉਂਕਿ ਤਿੰਨਾਂ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤਿੰਨੇ ਪਾਰਟੀਆਂ ਆਪਸ ਵਿਚ ਸਮਝੌਤਾ ਕਰਕੇ ਪੰਜ ਸਾਲ ਪੰਜਾਬ ‘ਤੇ ਇਕ-ਇਕ ਕਰਕੇ ਰਾਜ ਕਰਦੀਆਂ ਸਨ ਪਰ ਹੁਣ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਰੂਪ ਵਿਚ ਤੀਜਾ ਤੇ ਇਮਾਨਦਾਰ ਵਿਕਲਪ ਲੱਭ ਲਿਆ ਹੈ, ਜਿਸ ਕਰਕੇ ਉਨ੍ਹਾਂ ਦਾ ਫ਼ਾਰਮੂਲਾ ਫ਼ੇਲ੍ਹ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਸਿਰਫ਼ ਝਾੜੂ ਨਾਲ ਘਰਾਂ ਦੀ ਸਫ਼ਾਈ ਕੀਤੀ ਜਾਂਦੀ ਸੀ ਪਰ ਹੁਣ ਆਮ ਆਦਮੀ ਪਾਰਟੀ ਆਪਣੇ ਝਾੜੂ ਨਾਲ ਪੂਰੇ ਭਾਰਤ ਦੀ ਸਫ਼ਾਈ ਕਰੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਹਰ ਖੇਤਰ ਦੇ ਵਿਕਾਸ ਲਈ ਕੰਮ ਕੀਤਾ, 10 ਜੁਲਾਈ ਨੂੰ ਝਾੜੂ ਦਾ ਬਟਨ ਦਬਾ ਕੇ ਉਨ੍ਹਾਂ ਦਾ ਹੌਸਲਾ ਵਧਾਓ – ਮਹਿੰਦਰ ਭਗਤ
ਜਨ ਸਭਾ ਨੂੰ ਸੰਬੋਧਨ ਕਰਦਿਆਂ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਹਰ ਵਰਗ ਅਤੇ ਹਰ ਖੇਤਰ ਦੇ ਵਿਕਾਸ ਲਈ ਇਤਿਹਾਸਕ ਕੰਮ ਕੀਤੇ ਹਨ। ਅੱਜ ਪੰਜਾਬ ਦੇ ਕਰੀਬ 90 ਫ਼ੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆ ਰਿਹਾ ਹੈ। ਪੰਜਾਬ ਵਿੱਚ ਕਈ ਥਾਵਾਂ ’ਤੇ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ। ਹੁਣ ਤੱਕ ਕਰੀਬ 850 ਮੁਹੱਲਾ ਕਲੀਨਿਕ ਬਣ ਚੁੱਕੇ ਹਨ। ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦੋ ਸਾਲਾਂ ਵਿੱਚ 16 ਟੋਲ ਪਲਾਜ਼ੇ ਬੰਦ ਕਰਵਾਏ ਜਿਸ ਕਾਰਨ ਪੰਜਾਬ ਦੇ ਲੋਕਾਂ ਦੀ ਰੋਜ਼ਾਨਾ 70 ਲੱਖ ਰੁਪਏ ਤੋਂ ਵੱਧ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 10 ਜੁਲਾਈ ਨੂੰ ਝਾੜੂ ਦਾ ਬਟਨ ਦਬਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਲੋਕ ਭਲਾਈ ਕੰਮਾਂ ਤੋਂ ਜਾਣੂ ਕਰਵਾਉਣ ਅਤੇ ਉਨ੍ਹਾਂ ਦਾ ਮਨੋਬਲ ਉੱਚਾ ਕਰਨ ਤਾਂ ਜੋ ਉਹ ਭਵਿੱਖ ਵਿੱਚ ਵੀ ਇਸੇ ਉਤਸ਼ਾਹ ਨਾਲ ਕੰਮ ਕਰ ਸਕਣ।