ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਦੇ ਵੱਖ-ਵੱਖ ਖੇਤਰਾਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ। ਇਸ ਮੌਕੇ ‘ਆਪ’ ਉਮੀਦਵਾਰ ਮੋਹਿੰਦਰ ਭਗਤ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਮੁੱਖ ਮੰਤਰੀ ਨੇ ਨਕੋਦਰ ਚੌਕ ਅਤੇ ਮੇਨ ਰੋਡ ਅਵਤਾਰ ਨਗਰ ਸਮੇਤ ਕਈ ਥਾਵਾਂ ’ਤੇ ਨੁੱਕੜ ਮੀਟਿੰਗਾਂ ਕੀਤੀਆਂ।
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਤੁਸੀਂ ਮੋਹਿੰਦਰ ਭਗਤ ਨੂੰ ਵਿਧਾਇਕ ਬਣਾਓ, ਅਸੀਂ ਉਨ੍ਹਾਂ ਨੂੰ ਮੰਤਰੀ ਬਣਾਵਾਂਗੇ ਤਾਂ ਜੋ ਜਲੰਧਰ ਦਾ ਵਿਕਾਸ ਬਹੁਤ ਤੇਜ਼ੀ ਨਾਲ ਹੋ ਸਕੇ।
ਭਗਵੰਤ ਮਾਨ ਨੇ ਕਿਹਾ ਕਿ ਇਸ ਚੋਣ ਦੇ ਨਤੀਜੇ ਨਾਲ ਸਰਕਾਰ ਵਿੱਚ ਕੋਈ ਤਬਦੀਲੀ ਨਹੀਂ ਹੋ ਸਕਦੀ। ਇਸ ਕਾਰਨ ਨਾ ਤਾਂ ਸਾਡੀ ਸਰਕਾਰ ਡਿੱਗੇਗੀ ਅਤੇ ਨਾ ਹੀ ਕਿਸੇ ਹੋਰ ਦੀ ਸਰਕਾਰ ਬਣੇਗੀ, ਪਰ ਜੇਕਰ ਆਮ ਆਦਮੀ ਪਾਰਟੀ ਦਾ ਉਮੀਦਵਾਰ ਜਿੱਤਦਾ ਹੈ ਤਾਂ ਸਰਕਾਰ ਵਿਚ ਤੁਹਾਡੀ ਹਿੱਸੇਦਾਰੀ ਹੋਵੇਗੀ, ਜਿਸ ਕਾਰਨ ਇਸ ਇਲਾਕੇ ਦਾ ਵਿਕਾਸ ਤੇਜ਼ੀ ਨਾਲ ਸੰਭਵ ਹੋ ਸਕੇਗਾ |
ਉਨ੍ਹਾਂ ਕਿਹਾ ਕਿ ਅਸੀਂ ਇਸ ਖੇਤਰ ਵਿੱਚ ਚੰਗੇ ਸਕੂਲ ਅਤੇ ਹਸਪਤਾਲ ਖੋਲ੍ਹਾਂਗੇ, ਤਾਂ ਜੋ ਤੁਹਾਡਾ ਹੋਰ ਵੀ ਚੰਗਾ ਇਲਾਜ ਹੋ ਸਕੇ ਅਤੇ ਤੁਹਾਡੇ ਬੱਚੇ ਚੰਗੀ ਸਿੱਖਿਆ ਪ੍ਰਾਪਤ ਕਰ ਸਕਣ। ਅਸੀਂ ਇੱਥੇ ਮਾੜੇ ਸੀਵਰੇਜ ਸਿਸਟਮ ਨੂੰ ਠੀਕ ਕਰਾਂਗੇ। ਗਲੀਆਂ-ਨਾਲੀਆਂ ਨੂੰ ਠੀਕ ਕਰਵਾਇਆ ਜਾਵੇਗਾ। ਸਫ਼ਾਈ ਦੇ ਹੋਰ ਵੀ ਚੰਗੇ ਪ੍ਰਬੰਧ ਕਰਾਂਗੇ ਅਤੇ ਬਿਜਲੀ-ਪਾਣੀ ਸਬੰਧੀ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਾਂਗੇ।
ਮਾਨ ਨੇ ਕਿਹਾ ਕਿ ਅਸੀਂ ਪੰਜਾਬ ਦੇ ਕਰੀਬ 16 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ। ਜਿਸ ਕਾਰਨ ਲੋਕਾਂ ਦੀ ਰੋਜ਼ਾਨਾ 60 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਟੋਲ ਪਲਾਜ਼ਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਲਗਾਇਆ ਗਿਆ ਸੀ, ਜੋ ਇੱਥੇ ਵੋਟਾਂ ਮੰਗਣ ਲਈ ਆ ਰਹੇ ਹਨ। ਅਸੀਂ ਇੱਕ ਵਿਧਾਇਕ ਇੱਕ ਪੈਨਸ਼ਨ ਲਾਗੂ ਕੀਤੀ। 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਅਤੇ 43 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਦਿੱਤੀਆਂ।
ਮਾਨ ਨੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੋ ਸਾਲ ਪਹਿਲਾਂ ਉਸ ਨੂੰ ਆਮ ਆਦਮੀ ਪਾਰਟੀ ਨੇ ਵਿਧਾਇਕ ਬਣਾਇਆ ਸੀ, ਪਰ ਉਹ ਦਲ-ਬਦਲੂ ਅਤੇ ਲਾਲਚੀ ਨਿਕਲਿਆ। ਇਹ ਚੋਣ ਉਸ ਦੇ ਨਿੱਜੀ ਸਵਾਰਥ ਅਤੇ ਲਾਲਚ ਕਾਰਨ ਹੋ ਰਹੀ ਹੈ। ਉਨ੍ਹਾਂ ਅਸਤੀਫ਼ਾ ਦੇ ਕੇ ਲੋਕਤੰਤਰ ਦਾ ਮਜ਼ਾਕ ਉਡਾਇਆ ਹੈ। ਮਾਨ ਨੇ ਕਿਹਾ ਕਿ ਲੋਕਾਂ ਨੂੰ ਇਸ ਚੋਣ ਵਿਚ ਹੋਈ ਧੋਖਾਧੜੀ ਦਾ ਬਦਲਾ ਲੈਣਾ ਚਾਹੀਦਾ ਹੈ। ਇਸ ਵਾਰ ਉਸ ਨੂੰ ਅਜਿਹਾ ਸਬਕ ਸਿਖਾਓ ਕਿ ਕੋਈ ਮੁੜ ਇਸ ਤਰ੍ਹਾਂ ਅਸਤੀਫ਼ਾ ਦੇਣ ਦੀ ਹਿੰਮਤ ਨਾ ਕਰੇ।
ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵਿਧਾਨ ਸਭਾ ਛੱਡ ਕੇ ਪਾਰਟੀ ਅਤੇ ਲੋਕਾਂ ਨਾਲ ਧੋਖਾ ਕੀਤਾ ਹੈ। ਉਸ ਦੀ ਇਸ ਧੋਖਾਧੜੀ ਕਾਰਨ ਜ਼ਿਮਨੀ ਚੋਣਾਂ ‘ਚ ਸਰਕਾਰੀ ਖ਼ਜ਼ਾਨੇ ‘ਚੋਂ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ, ਜੋ ਲੋਕਾਂ ਦੇ ਟੈਕਸ ਦਾ ਪੈਸਾ ਹੈ।
ਮਾਨ ਨੇ ਸ਼ੀਤਲ ਅੰਗੁਰਾਲ ਨੂੰ ਚੇਤਾਵਨੀ ਦਿੱਤੀ ਕਿ ਉਹ ਸਾਡੇ ਨਾਲ ਪੰਗਾ ਨਾ ਲਵੇ। ਤੁਹਾਡੇ ਵਾਂਗ ਸਾਡੇ ਖ਼ਿਲਾਫ਼ ਨਸ਼ਾ ਤਸਕਰੀ ਦਾ ਕੋਈ ਐਨਡੀਪੀਐਸ ਕੇਸ ਨਹੀਂ ਹੈ। ਮਾਨ ਨੇ ਕਿਹਾ ਕਿ ਬਹਿਸ ਕਰਨ ਦੀ ਧਮਕੀ ਕਿਸੇ ਹੋਰ ਨੂੰ ਦਿਓ। ਸਾਡੇ ਤੋਂ ਜਦੋਂ ਮਰਜ਼ੀ ਚਾਹੇ ਬਹਿਸ ਕਰ ਲਓ, 5 ਤਰੀਕ ਦਾ ਇੰਤਜ਼ਾਰ ਕਿਉਂ ਕਰ ਰਹੇ ਹੋ, ਅੱਜ ਹੀ ਬਹਿਸ ਕਰ ਲਓ।
ਮਾਨ ਨੇ ਕਿਹਾ ਕਿ ਮੈਂ ਸ਼ੀਤਲ ਅੰਗੁਰਾਲ ਨੂੰ ਉਸ ਦੀਆਂ ਭ੍ਰਿਸ਼ਟ ਗਤੀਵਿਧੀਆਂ ਰੋਕਣ ਲਈ ਬਹੁਤ ਸਮਝਾਇਆ ਪਰ ਉਹ ਨਹੀਂ ਮੰਨੇ। ਆਮ ਆਦਮੀ ਪਾਰਟੀ ਵਿੱਚ ਰਹਿੰਦਿਆਂ ਉਨ੍ਹਾਂ ਨੂੰ ਦੋ ਨੰਬਰ ਦੇ ਕੰਮ ਕਰਨ ‘ਚ ਪਰੇਸ਼ਾਨੀ ਹੁੰਦੀ ਸੀ। ਇਸ ਲਈ ਉਹ ਭਾਜਪਾ ਵਿੱਚ ਸ਼ਾਮਲ ਹੋ ਗਿਆ, ਕਿਉਂਕਿ ਭਾਜਪਾ ਭ੍ਰਿਸ਼ਟਾਚਾਰ ਨੂੰ ਖੁੱਲ੍ਹਾ ਹੱਥ ਦਿੰਦੀ ਹੈ। ਪਰ ਅਸੀਂ ਉਸ ਨੂੰ ਉੱਥੇ ਵੀ ਭ੍ਰਿਸ਼ਟਾਚਾਰ ਨਹੀਂ ਕਰਨ ਦੇਵਾਂਗੇ।
ਮਾਨ ਨੇ ਕਿਹਾ ਕਿ ਮੈਂ ਪੈਸਾ ਕਮਾਉਣ ਲਈ ਰਾਜਨੀਤੀ ਵਿੱਚ ਨਹੀਂ ਆਇਆ ਹਾਂ। ਜੇ ਮੈਂ ਪੈਸਾ ਕਮਾਉਣਾ ਚਾਹੁੰਦਾ ਤਾਂ ਮੈਂ ਹੁਣ ਤੱਕ ਕਰੋੜਾਂ ਰੁਪਏ ਕਮਾ ਚੁੱਕਾ ਹੁੰਦਾ। 20 ਸਾਲ ਪਹਿਲਾਂ ਮੈਂ ਇੱਕ ਸ਼ੋਅ ਦੇ 25 ਲੱਖ ਰੁਪਏ ਚਾਰਜ ਕਰਦਾ ਸੀ ਅਤੇ ਵਿਦੇਸ਼ ਵਿੱਚ ਇੱਕ ਸ਼ੋਅ ਲਈ ਮੈਨੂੰ 70 ਲੱਖ ਰੁਪਏ ਮਿਲਦੇ ਸਨ। ਮਾਨ ਨੇ ਕਿਹਾ ਕਿ ਜਿਸ ਦਿਨ ਮੇਰੇ ‘ਤੇ ਇਕ ਰੁਪਏ ਦੇ ਵੀ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ, ਮੈਂ ਖ਼ੁਦ ਸਿਆਸਤ ਛੱਡ ਦੇਵਾਂਗਾ।
ਮਾਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਜਪਾ ਅਤੇ ਕਾਂਗਰਸ ਦੇ ਲੋਕ ਤੁਹਾਡੇ ਕੋਲ ਆਉਣਗੇ, ਪਰ ਉਨ੍ਹਾਂ ਨੂੰ ਵੋਟ ਦੇਣ ਦਾ ਕੋਈ ਫ਼ਾਇਦਾ ਨਹੀਂ ਹੋਵੇਗਾ। ਜੇ ਉਹ ਜਿੱਤ ਵੀ ਗਏ ਤਾਂ ਵੀ ਕੰਮ ਤਾਂ ਮੈਨੂੰ ਹੀ ਕਰਨਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦੋ ਸਾਲਾਂ ਵਿੱਚ ਪੰਜਾਬ ਦੇ ਵਿਕਾਸ ਲਈ ਬਹੁਤ ਕੰਮ ਕੀਤੇ ਹਨ, 10 ਤਰੀਕ ਨੂੰ ਝਾੜੂ ਦਾ ਬਟਨ ਦਬਾ ਕੇ ਇਹਨਾਂ ਦਾ ਹੌਸਲਾ ਵਧਾਓ – ਮੋਹਿੰਦਰ ਭਗਤ
‘ਆਪ’ ਉਮੀਦਵਾਰ ਮੋਹਿੰਦਰ ਭਗਤ ਨੇ ਇੱਥੇ ਆਏ ਲੋਕਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਇਤਿਹਾਸ ‘ਚ ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਮੁੱਖ ਮੰਤਰੀ ਆਪਣੇ ਪਰਿਵਾਰ ਸਮੇਤ ਜਲੰਧਰ ‘ਚ ਠਹਿਰਨ ਆਇਆ ਹੋਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦੋ ਸਾਲਾਂ ਵਿੱਚ ਪੰਜਾਬ ਦੇ ਵਿਕਾਸ ਲਈ ਬਹੁਤ ਕੰਮ ਕੀਤੇ ਹਨ, 10 ਤਰੀਕ ਨੂੰ ਝਾੜੂ ਦਾ ਬਟਨ ਦਬਾ ਕੇ ਉਨ੍ਹਾਂ ਦਾ ਹੌਸਲਾ ਵਧਾਓ।