ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜਲੰਧਰ (ਪੱਛਮੀ) ਵਿਧਾਨ ਹਲਕਾ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਸ੍ਰੀ ਮੋਹਿੰਦਰ ਭਗਤ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਅਹੁਦਾ ਤੇ ਭੇਦ ਗੁਪਤ ਰੱਖਣ ਦਾ ਹਲਫ਼ ਦਿਵਾਇਆ।
ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ. ਮਾਨ ਨੇ ਸ੍ਰੀ ਮੋਹਿੰਦਰ ਭਗਤ ਨੂੰ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 37,725 ਵੋਟਾਂ ਦੇ ਵੱਡੇ ਫਰਕ ਨਾਲ ਜਿੱਤਣ ਦੀ ਵਧਾਈ ਦਿੱਤੀ।
ਨਵੇਂ ਚੁਣੇ ਵਿਧਾਇਕ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਪਤਵੰਤੇ ਵੀ ਹਾਜ਼ਰ ਸਨ।
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕ ਸ੍ਰੀ ਕੁਲਵੰਤ ਸਿੰਘ ਪੰਡੋਰੀ, ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਸ੍ਰੀ ਕੁਲਵੰਤ ਸਿੰਘ ਬਾਜੀਗਰ, ਸ੍ਰੀ ਕਰਮਬੀਰ ਸਿੰਘ ਘੁੰਮਣ, ਸ੍ਰੀ ਅਜੀਤ ਪਾਲ ਸਿੰਘ ਕੋਹਲੀ, ਸ੍ਰੀ ਵਿਜੇ ਸਿੰਗਲਾ, ਸ੍ਰੀ ਬਰਿੰਦਰ ਗੋਇਲ, ਸ੍ਰੀ ਗੁਰਪ੍ਰੀਤ ਸਿੰਘ ਗੋਗੀ ਤੋਂ ਇਲਾਵਾ ਪੰਜਾਬ ਸਰਕਾਰ ਅਤੇ ਪੰਜਾਬ ਵਿਧਾਨ ਸਭਾ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।