- ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨਾ, ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣਾ ਅਤੇ ਨੌਜਵਾਨਾਂ ਨੂੰ ਨੌਕਰੀਆਂ ਅਤੇ ਕਾਰੋਬਾਰ ਲਈ ਮੌਕੇ ਪ੍ਰਦਾਨ ਕਰਨਾ ਆਪ ਸਰਕਾਰ ਦੀਆਂ ਤਿੰਨ ਪ੍ਰਮੁੱਖ ਤਰਜੀਹਾਂ
- ਨਸ਼ਿਆਂ ਦੀ ਅਲਾਮਤ ਦੇ ਖਾਤਮੇ ਖਿਲਾਫ਼ ਵਿੱਢੀ ਜੰਗ ਦੀ ਸਫਲਤਾ ਲਈ ਮੁੱਖ ਮੰਤਰੀ ਦੀ ਸ਼ਲਾਘਾ
ਸੰਗਰੂਰ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਯਤਨਾਂ ਸਦਕਾ ਭਾਰਤ ਸਰਕਾਰ ਵੱਲੋਂ ਪਰਖ ਰਾਸ਼ਟਰੀਆ ਸਰਵੇਖਣ (ਨੈਸ਼ਨਲ ਅਚੀਵਮੈਂਟਟ ਸਰਵੇ) ਵਿੱਚ ਪੰਜਾਬ ਨੇ ਸਰਵੋਤਮ ਦਰਜਾ ਹਾਸਲ ਕੀਤਾ ਹੈ।
ਨੈਸ਼ਨਲ ਅਚੀਵਮੈਂਟਸ ਸਰਵੇ (ਐਨ.ਏ.ਐਸ.) ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਾਪਤੀ ਦੇ ਮਾਣ ਵਿੱਚ ਰੱਖੇ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇਸ ਇਤਿਹਾਸਕ ਦਿਨ ਦਾ ਹਿੱਸਾ ਬਣਨਾ ਉਨ੍ਹਾਂ ਲਈ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਨੇ ਨੈਸ਼ਨਲ ਅਚੀਵਮੈਂਟ ਸਰਵੇ-2024 ਵਿੱਚ ਸਰਵੋਤਮ ਪ੍ਰਦਰਸ਼ਨ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਪੰਜਾਬੀਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਇਸ ਸੂਬੇ ਨੇ ਦੇਸ਼ ਭਰ ਵਿੱਚ ਮੋਹਰੀ ਸਥਾਨ ਪ੍ਰਾਪਤ ਕੀਤਾ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਨੂੰ ਅਸਲ ਕ੍ਰਾਂਤੀ ਕਿਹਾ ਜਾ ਸਕਦਾ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਦੌਰਾਨ ਸ਼ਾਨਦਾਰ ਪ੍ਰਾਪਤੀਆਂ ਕਰਨ ਦੇ ਬਾਵਜੂਦ ਅਣਗੌਲੇ ਜਾਂਦੇ ਰਹੇ ਅਧਿਆਪਕ ਅੱਜ ਮੁੱਖ ਮੰਤਰੀ ਨਾਲ ਸਿੱਧਾ ਸੰਵਾਦ ਰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਖੇਤਰ ਦੀ ਤਰੱਕੀ ਲਈ ਅਨੁਕੂਲ ਮਾਹੌਲ ਪ੍ਰਦਾਨ ਕੀਤਾ ਹੈ ਅਤੇ ਅਧਿਆਪਕਾਂ ਨੇ ਵੀ ਇਸ ਦੀ ਵਰਤੋਂ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਕੀਤੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਇਸ ਤੋਂ ਬਹੁਤ ਲਾਭ ਮਿਲ ਸਕੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਅਧਿਆਪਕਾਂ ਦਾ ਸ਼ੋਸ਼ਣ ਕੀਤਾ ਸੀ ਜਿਸ ਕਾਰਨ ਪੜ੍ਹਾਈ ‘ਤੇ ਮਾੜਾ ਅਸਰ ਪਿਆ ਸੀ ਪਰ ਹੁਣ ਵੱਡਾ ਬਦਲਾਅ ਆਇਆ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਐਨ.ਏ.ਐਸ. ਵੱਡੀ ਪ੍ਰਾਪਤੀ ਹੈ ਪਰ ਇਹ ਉਨ੍ਹਾਂ ਦੀ ਸਰਕਾਰ ਦਾ ਅੰਤਮ ਟੀਚਾ ਨਹੀਂ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਹਰ ਨਾਗਰਿਕ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਇਹ ਸਰਟੀਫਿਕੇਟ ਦੇਣਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਿੱਖਿਆ ਅਤੇ ਹੋਰ ਖੇਤਰਾਂ ਵਿੱਚ ਕ੍ਰਾਂਤੀ ਲਿਆਂਦੀ ਹੈ, ਉਨ੍ਹਾਂ ਲਈ ਅਸਲ ਮਾਨਤਾ ਅਤੇ ਪ੍ਰਾਪਤੀ ਹੈ। ਇਸੇ ਤਰ੍ਹਾਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ਿਆਂ ਨੂੰ ਖਤਮ ਕਰਨਾ, ਨੌਜਵਾਨਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਅਤੇ ਉਨ੍ਹਾਂ ਲਈ ਨੌਕਰੀ/ਕਾਰੋਬਾਰ ਯਕੀਨੀ ਬਣਾਉਣਾ ਸੂਬਾ ਸਰਕਾਰ ਦੇ ਤਿੰਨ ਪ੍ਰਮੁੱਖ ਖੇਤਰ ਹਨ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਯੁੱਧ ਨਸ਼ਿਆਂ ਵਿਰੁੱਧ ਨੂੰ ਲੋਕ ਲਹਿਰ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਵੀ ਇਹ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਅਲਾਮਤ ਦੇ ਖ਼ਤਰੇ ਤੋਂ ਦੂਰ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਦੇ ਕਹਿਰ ਨੂੰ ਖਤਮ ਕਰਨ ਲਈ ਸ਼ਲਾਘਾਯੋਗ ਕੰਮ ਕਰ ਰਹੀ ਹੈ ਅਤੇ ਨਸ਼ਿਆਂ ਵਿਰੁੱਧ ਇਸ ਜੰਗ ਦਾ ਦੇਸ਼ ਭਰ ਵਿੱਚ ਕੋਈ ਸਾਨੀ ਨਹੀਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਅੱਜ ਮੁੱਖ ਮੰਤਰੀ ਮਾਨ ਦੀ ਪ੍ਰਸੰਸਾ ਕਰ ਰਹੇ ਹਨ ਕਿਉਂਕਿ ਸੂਬਾ ਸਰਕਾਰ ਵੱਲੋਂ ਮਿਸਾਲੀ ਕੰਮ ਕੀਤਾ ਜਾ ਰਿਹਾ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ੇ ਦੇ ਪੈਸੇ ਨਾਲ ਬਣੀਆਂ ਜਾਇਦਾਦਾਂ ਨੂੰ ਬੁਲਡੋਜ਼ਰਾਂ ਨੇ ਢਾਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੀੜ੍ਹੀਆਂ ਦਾ ਭਵਿੱਖ ਬਰਬਾਦ ਕੀਤਾ ਸੀ, ਉਨ੍ਹਾਂ ਨੂੰ ਹੁਣ ਆਪਣੇ ਪਾਪਾਂ ਦੀ ਸਜ਼ਾ ਮਿਲ ਰਹੀ ਹੈ। ਉਨ੍ਹਾਂ ਆਗੂਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ ਜਿਨ੍ਹਾਂ ਨੇ ਨਸ਼ੇ ਦੇ ਕਾਰੋਬਾਰ ਦੀ ਪੁਸ਼ਤਪਨਾਹੀ ਕੀਤੀ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਆਮ ਆਦਮੀ ਨੂੰ ਰਾਹਤ ਦੇਣ ਲਈ ਇਸ ਕਾਰਜ ਲਈ ਵਚਨਬੱਧ ਹੈ ਅਤੇ ਇਸ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਪੂਰਾ ਕਰਨ ਵੱਲ ਤੇਜ਼ੀ ਨਾਲ ਅੱਗੇ ਵਧ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਸਕੂਲ ਨਹੀਂ ਬਣਾਏ-ਅਸੀਂ ਭਵਿੱਖ ਬਣਾਇਆ ਹੈ। ਸਿੱਖਿਆ ਵਿਭਾਗ ਦੇ ਅਧਿਆਪਕਾਂ, ਪ੍ਰਿੰਸੀਪਲਾਂ ਅਤੇ ਸਟਾਫ਼ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਵਚਨਬੱਧਤਾ ਨੇ ਇਸ ਪ੍ਰਾਪਤੀ ਨੂੰ ਸੰਭਵ ਬਣਾਇਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਐਨ.ਏ.ਐਸ-2024 ਵਿੱਚ ਪੰਜਾਬ ਦੀ ਪ੍ਰਾਪਤੀ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਭ ਤੋਂ ਮਹੱਤਵਪੂਰਨ ਪਹਿਲੂ ਇਹ ਹੈ ਕਿ ਇਹ ਸਰਵੇਖਣ ਭਾਰਤ ਸਰਕਾਰ ਦੁਆਰਾ ਕੀਤਾ ਗਿਆ ਸੀ, ਪੰਜਾਬ ਦੁਆਰਾ ਨਹੀਂ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਦੇਸ਼ ਵਿਆਪੀ ਸਰਵੇਖਣ ਐਨ.ਸੀ.ਈ.ਆਰ.ਟੀ. ਦੁਆਰਾ ਦਸੰਬਰ-2024 ਵਿੱਚ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਹਿਯੋਗ ਨਾਲ ਕੀਤਾ ਗਿਆ ਸੀ, ਜਿਸ ਵਿੱਚ ਭਾਰਤ ਦੇ ਹਜ਼ਾਰਾਂ ਵਿਦਿਆਰਥੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਹੋਰ ਅਧਿਆਪਕਾਂ ਦੀ ਭਰਤੀ ਕਰਨ ਅਤੇ ਵਿਦਿਅਕ ਸੰਸਥਾਵਾਂ ਨੂੰ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰਨ ਲਈ ਮਹੱਤਵਪੂਰਨ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਸਰਕਾਰੀ ਸਕੂਲਾਂ ਦੇ 845 ਵਿਦਿਆਰਥੀਆਂ ਨੇ ਨੀਟ ਲਈ ਯੋਗਤਾ ਪ੍ਰਾਪਤ ਕੀਤੀ ਹੈ ਅਤੇ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਪਾਸ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਪੰਜਾਬ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਫਿਨਲੈਂਡ, ਅਹਿਮਦਾਬਾਦ ਅਤੇ ਹੋਰ ਨਾਮਵਰ ਸੰਸਥਾਵਾਂ ਵਿੱਚ ਸਿਖਲਾਈ ਦਿੱਤੀ ਜਾ ਰਹੀ ਹੈ।
ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਸਾਡੇ ਬੱਚਿਆਂ ਲਈ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲ ਆਫ਼ ਐਮੀਨੈਂਸ ਸਥਾਪਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਆਪਣੀ ਕੋਸ਼ਿਸ਼ ਜਾਰੀ ਰੱਖੇਗੀ ਕਿ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਮਿਲੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਿਜ਼ਨਸ ਬਲਾਸਟਰ ਸਕੀਮ ਸ਼ਾਨਦਾਰ ਸਫਲਤਾ ਪ੍ਰਾਪਤ ਕਰਨ ਵੱਲ ਵਧ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਸ ਤੋਂ ਬਹੁਤ ਲਾਭ ਹੋਵੇਗਾ।