Wednesday, February 5, 2025
HomeपंजाबShambhu border : ਸ਼ੰਭੂ ਬਾਰਡਰ ਖੋਲ੍ਹਿਆ ਜਾਵੇਗਾ ਜਾਂ ਨਹੀਂ ? ਭਲਕੇ ਸੁਪਰੀਮ...

Shambhu border : ਸ਼ੰਭੂ ਬਾਰਡਰ ਖੋਲ੍ਹਿਆ ਜਾਵੇਗਾ ਜਾਂ ਨਹੀਂ ? ਭਲਕੇ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ

Shambhu border : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਿਛਲੇ ਹਫ਼ਤੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਨੂੰ ਇੱਕ ਹਫ਼ਤੇ ਵਿੱਚ ਖੋਲ੍ਹਣ ਦੇ ਹੁਕਮ ਦਿੱਤੇ ਸਨ। ਜਿਸ ਤੋਂ ਬਾਅਦ ਹਰਿਆਣਾ ਸਰਕਾਰ ਨੇ ਹਾਈ ਕੋਰਟ ਦੇ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਹੁਣ ਇਸ ਮਾਮਲੇ ‘ਤੇ 22 ਜੁਲਾਈ ਯਾਨੀ ਭਲਕੇ ਸੁਣਵਾਈ ਹੋਵੇਗੀ।

ਐਡਵੋਕੇਟ ਵਾਸੂ ਰੰਜਨ ਸ਼ਾਂਡਿਲਿਆ ਨੇ ਕਿਹਾ ਕਿ ਬਾਰਡਰ ਬੰਦ ਹੋਣ ਕਾਰਨ ਅੰਬਾਲਾ ਦੇ ਛੋਟੇ-ਵੱਡੇ ਵਪਾਰੀਆਂ, ਰੇਹੜੀ-ਫੜ੍ਹੀ ਵਾਲਿਆਂ ਅਤੇ ਹੋਰ ਗਰੀਬ ਲੋਕਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ। ਉਹ 22 ਜੁਲਾਈ ਨੂੰ ਸੁਪਰੀਮ ਕੋਰਟ ਵਿੱਚ ਆਪਣੀ ਆਵਾਜ਼ ਬੁਲੰਦ ਕਰਨਗੇ।

ਸ਼ੰਭੂ ਸਰਹੱਦ ਖੋਲ੍ਹਣ ਦੇ ਮਾਮਲੇ ਵਿੱਚ ਪਟੀਸ਼ਨਰ ਵਕੀਲ ਵਾਸੂ ਰੰਜਨ ਸ਼ਾਂਡਿਲਿਆ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਹਾਈ ਕੋਰਟ ਦੇ ਬਾਰਡਰ ਖੋਲ੍ਹਣ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ, ਉਹ ਇਸ ਦਾ ਵਿਰੋਧ ਕਰਨਗੇ ਕਿਉਂਕਿ ਸ਼ੰਭੂ ਬਾਰਡਰ ਬੰਦ ਹੋਣ ਕਾਰਨ ਆਮ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਡਵੋਕੇਟ ਸ਼ਾਂਡਿਲਿਆ ਨੇ ਕਿਹਾ ਕਿ ਉਹ ਸ਼ੰਭੂ ਬਾਰਡਰ ਬੰਦ ਹੋਣ ਕਾਰਨ ਆ ਰਹੀਆਂ ਮੁਸ਼ਕਲਾਂ ਦੀਆਂ ਫੋਟੋਆਂ ਅਤੇ ਵੀਡੀਓ ਫੁਟੇਜ ਵੀ ਸੁਪਰੀਮ ਕੋਰਟ ਨੂੰ ਦਿਖਾਉਣਗੇ।

ਸ਼ਾਂਡਿਲਿਆ ਨੇ ਕਿਹਾ ਕਿ ਸੁਪਰੀਮ ਕੋਰਟ ‘ਚ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉਜਲ ਭੂਯਾਨ ਦੀ ਡਿਵੀਜ਼ਨ ਬੈਂਚ 22 ਜੁਲਾਈ ਨੂੰ ਇਸ ਮਾਮਲੇ ਦੀ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਵੀ ਸੁਪਰੀਮ ਕੋਰਟ ,ਹਰਿਆਣਾ ਸਰਕਾਰ ਨੂੰ ਬਾਰਡਰ ਬੰਦ ਕਰਨ ਨੂੰ ਲੈ ਕੇ ਫਟਕਾਰ ਲਗਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਉਹ ਸੁਪਰੀਮ ਕੋਰਟ ਦੀ ਡਿਵੀਜ਼ਨ ਬੈਂਚ ਤੋਂ ਮੰਗ ਕਰਨਗੇ ਕਿ ਸ਼ੰਭੂ ਸਰਹੱਦ ਨੂੰ ਜਨਹਿੱਤ ਵਿੱਚ ਖੋਲ੍ਹਣ ਦੇ ਹੁਕਮ ਦਿੱਤੇ ਜਾਣ।

ਵਕੀਲ ਵਾਸੂ ਰੰਜਨ ਸ਼ਾਂਡਿਲਿਆ ਨੇ ਕਿਹਾ ਕਿ ਬਹਿਸ ਦੌਰਾਨ ਉਹ ਕੌਮੀ ਮਾਰਗ ਜਾਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਦਿਸ਼ਾ-ਨਿਰਦੇਸ਼ ਬਣਾਉਣ ਦੀ ਮੰਗ ਵੀ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸੁਪਰੀਮ ਕੋਰਟ ,ਹਰਿਆਣਾ ਸਰਕਾਰ ਵੱਲੋਂ ਚੁਣੌਤੀ ਦਿੱਤੇ ਹਾਈ ਕੋਰਟ ਦੇ ਹੁਕਮਾਂ ‘ਤੇ ਆਪਣੀ ਮੋਹਰ ਲਗਾਉਂਦੇ ਹੋਏ ਸ਼ੰਭੂ ਬਾਰਡਰ ਖੋਲ੍ਹਣ ਦਾ ਹੁਕਮ ਦੇਵੇਗੀ।

ਇਸ ਤੋਂ ਪਹਿਲਾਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਸੀ ਕਿ ਕਿਸਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਇਹ ਸੜਕ ਕਿਸਾਨਾਂ ਵੱਲੋਂ ਨਹੀਂ ਜਾਮ ਕੀਤੀ ਗਈ ਹੈ, ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਰਸਤਾ ਬੰਦ ਕੀਤਾ ਹੈ।

ਦੱਸ ਦਈਏ ਕਿ ਸ਼ੰਭੂ ਬਾਰਡਰ ਪਿਛਲੇ 5 ਮਹੀਨਿਆਂ ਤੋਂ ਬੰਦ ਹੈ। ਕਿਸਾਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਵੱਲ ਕੂਚ ਕਰਨਾ ਚਾਹੁੰਦੇ ਸਨ ਪਰ ਪੰਜਾਬ ਦੇ ਇਨ੍ਹਾਂ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਇੱਥੇ 7 ਲੇਅਰ ਬੈਰੀਕੇਡਿੰਗ ਕੀਤੀ ਹੋਈ ਸੀ। ਉਥੇ ਹੀ ਸ਼ੰਭੂ ਬਾਰਡਰ ਬੰਦ ਹੋਣ ਕਾਰਨ ਪੰਜਾਬ ਅਤੇ ਹਰਿਆਣਾ ਦਾ ਸਿੱਧਾ ਸੰਪਰਕ ਟੁੱਟ ਗਿਆ ਸੀ। ਅੰਬਾਲਾ ਦੇ ਵਪਾਰੀਆਂ ਨੇ ਵੀ ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਨੂੰ ਲੈ ਕੇ ਬੀਤੇ ਦਿਨੀਂ ਆਪਣੀਆਂ ਦੁਕਾਨਾਂ ਬੰਦ ਕਰਕੇ ਆਪਣਾ ਗੁੱਸਾ ਜ਼ਾਹਿਰ ਕੀਤਾ ਸੀ।

 

RELATED ARTICLES
Advertismentspot_imgspot_img
Advertismentspot_imgspot_img

Most Popular