ਚੰਡੀਗੜ੍ਹ: ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ‘AAP’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਸੁਪਰੀਮ ਕੋਰਟ ਵੱਲੋਂ ਸੀਬੀਆਈ ਬਾਰੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਜਪਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਖ਼ਤ ਆਲੋਚਨਾ ਕੀਤੀ ਹੈ।
ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਦਫਤਰ ਵਿਖੇ ‘AAP’ ਦੇ ਬੁਲਾਰੇ ਗੋਵਿੰਦਰ ਮਿੱਤਲ ਨਾਲ ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਭਾਰਤੀ ਜਨਤਾ ਪਾਰਟੀ ਅਤੇ ਖਾਸ ਕਰਕੇ ਗ੍ਰਹਿ ਮੰਤਰੀ ਅਮਿਤ ਦੀ ਸਾਜ਼ਿਸ਼ ਹੈ। ਇਹ ਗੱਲ ਸੁਪਰੀਮ ਕੋਰਟ ਦੇ ਫੈਸਲੇ ਨੇ ਸੱਚ ਸਾਬਤ ਕਰ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਤੋਂ ਪੁੱਛ-ਗਿੱਛ ਕਰਨ ਤੋਂ ਬਾਅਦ ਸੀਬੀਆਈ 22 ਮਹੀਨੇ ਚੁੱਪ ਰਹੀ, ਫਿਰ ਈਡੀ ਕੇਸ ਵਿੱਚ ਜ਼ਮਾਨਤ ਮਿਲਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੀ ਲੋੜ ਸੀ। ਅਦਾਲਤ ਨੇ ਇਹ ਵੀ ਕਿਹਾ ਕਿ ਸੀਬੀਆਈ ਦੀ ਗ੍ਰਿਫਤਾਰੀ ਪੂਰੀ ਤਰ੍ਹਾਂ ਗੈਰ-ਕਾਨੂੰਨੀ ਅਤੇ ਗੈਰ-ਵਾਜਬ ਸੀ।
ਸੁਪਰੀਮ ਕੋਰਟ ਨੇ ਸੀਬੀਆਈ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਪੱਖਪਾਤੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਹੈ। ਸੀਬੀਆਈ ਨੂੰ ਪਿੰਜਰੇ ਵਿੱਚ ਬੰਦ ਤੋਤੇ ਵਾਂਗ ਵਿਵਹਾਰ ਨਹੀਂ ਕਰਨਾ ਚਾਹੀਦਾ। ਉਸ ਨੂੰ ਅਜਿਹੇ ਕੰਮ ਖਰਨ ਦੀ ਲੋੜ ਹੈ ਜੋ ਉਸਦੀ ਭਰੋਸੇਯੋਗਤਾ ਨੂੰ ਬਰਕਰਾਰ ਰੱਖੇ ਅਤੇ ਕਿਸੇ ਦੇ ਸਿਆਸੀ ਉਦੇਸ਼ ਦੀ ਪੂਰਤੀ ਲਈ ਅਜਿਹੀਆਂ ਕਾਰਵਾਈਆਂ ਤੋਂ ਬਚਣਾ ਚਾਹੀਦਾ ਹੈ।
ਦਿਨੇਸ਼ ਚੱਢਾ ਨੇ ਕਿਹਾ ਕਿ ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕਹਿਣ ‘ਤੇ ਗ੍ਰਿਫ਼ਤਾਰ ਕੀਤਾ ਸੀ ਕਿਉਂਕਿ ਉਹ ਉਨ੍ਹਾਂ ਦੇ ਮੰਤਰਾਲੇ ਅਧੀਨ ਹੈ। ਇਹ ਸਾਰੀ ਸਾਜ਼ਿਸ਼ ਉਨ੍ਹਾਂ ਦੀ ਆਪਣੀ ਸੀ। ਉਨ੍ਹਾਂ ਨੇ ਜਾਂਚ ਏਜੰਸੀ ਦੀ ਗੈਰ-ਸੰਵਿਧਾਨਕ ਅਤੇ ਗੈਰ-ਵਾਜਬ ਤਰੀਕੇ ਨਾਲ ਦੁਰਵਰਤੋਂ ਕੀਤੀ ਅਤੇ ਇੱਕ ਮੌਜੂਦਾ ਮੁੱਖ ਮੰਤਰੀ ਨੂੰ ਗ੍ਰਿਫਤਾਰ ਕਰ ਲਿਆ। ਹੁਣ ਉਨ੍ਹਾਂ ਨੂੰ ਇਸ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਅਸਤੀਫਾ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਪਿੱਛੇ ਭਾਜਪਾ ਦਾ ਮਕਸਦ ਆਮ ਆਦਮੀ ਪਾਰਟੀ ਨੂੰ ਤੋੜਨਾ ਸੀ, ਪਰ ਉਹ ਇਸ ਵਿੱਚ ਅਸਫਲ ਰਹੀ। ਸਾਡੇ ਨੇਤਾ, ਵਿਧਾਇਕ ਅਤੇ ਸੰਸਦ ਮੈਂਬਰ ਸਾਰੇ ਇਕਜੁੱਟ ਰਹੇ ਅਤੇ ਭਾਜਪਾ ਦੀ ਸਾਜ਼ਿਸ਼ ਦਾ ਸ਼ਿਕਾਰ ਨਹੀਂ ਹੋਏ। ਉਹ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਵਰਗੇ ਚੋਟੀ ਦੇ ਨੇਤਾਵਾਂ ਨੂੰ ਜੇਲ੍ਹ ਵਿੱਚ ਰੱਖ ਕੇ ਵੀ ਦਿੱਲੀ, ਪੰਜਾਬ ਅਤੇ ਚੰਡੀਗੜ੍ਹ ਵਿੱਚ ਸਾਨੂੰ ਤੋੜ ਨਹੀਂ ਸਕੇ। ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਖਰੀਦਣ ਅਤੇ ਤੋੜਨ ਵਿੱਚ ਭਾਜਪਾ ਪੂਰੀ ਤਰ੍ਹਾਂ ਫੇਲ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਇੱਕ ਹੋਰ ਝੂਠ ਬੋਲ ਰਹੀ ਹੈ ਕਿ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਵਜੋਂ ਕੰਮ ਨਹੀਂ ਕਰ ਸਕਦੇ। ਮੁੱਖ ਮੰਤਰੀ ਵਜੋਂ ਦਸਤਖ਼ਤ ਨਹੀਂ ਕਰ ਸਕਦੇ। ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਅਰਵਿੰਦ ਕੇਜਰੀਵਾਲ ਕੋਲ ਪਹਿਲਾਂ ਹੀ ਕੋਈ ਵਿਭਾਗ ਨਹੀਂ ਹੈ ਅਤੇ ਜੋ ਫਾਈਲ ਐਲਜੀ ਕੋਲ ਜਾਣੀ ਹੈ ਉਹ ਅੱਜ ਵੀ ਉਸ ‘ਤੇ ਦਸਤਖਤ ਕਰ ਸਕਦੇ ਹਨ। ਇਹ ਸਿਰਫ਼ ਇੱਕ ਸਾਜ਼ਿਸ਼ ਸੀ ਤਾਂ ਜੋ ਉਹ ਜੇਲ੍ਹ ਤੋਂ ਬਾਹਰ ਨਾ ਆ ਸਕਣ। ਪਰ ਸੱਚ ਨੂੰ ਜ਼ਿਆਦਾ ਦੇਰ ਤੱਕ ਦਬਾਇਆ ਨਹੀਂ ਜਾ ਸਕਦਾ। ਅਰਵਿੰਦ ਕੇਜਰੀਵਾਲ ਦੀ ਰਿਹਾਈ ਨਾਲ ਸੱਚ ਦੀ ਜਿੱਤ ਹੋਈ ਹੈ